ਸੋਨੀਪਤ ਜ਼ਿਲ੍ਹੇ ‘ਚ ਫੂਡ ਪੁਆਇਜ਼ਨਿੰਗ ਦਾ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ, ਅਗਰਸੇਨ ਚੌਕ ਨੇੜੇ ਸਥਿਤ ਇੱਕ ਰਿਹਾਇਸ਼ੀ ਕਾਲੋਨੀ ਵਿੱਚ ਦਰਜਨਾਂ ਲੋਕਾਂ ਦੀ ਸਿਹਤ ਇਕਾਏ ਵਿਗੜ ਗਈ। ਰਾਤ ਭਰ ਉਨ੍ਹਾਂ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸਮੱਸਿਆ ਨੇ ਘੇਰ ਲਿਆ, ਜਿਸ ਕਾਰਨ ਉਹਨਾਂ ਨੂੰ ਸੋਨੀਪਤ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹੋਰ ਕਈ ਲੋਕ ਬਿਮਾਰ ਹਨ। ਦੋ ਗੰਭੀਰ ਮਰੀਜ਼ਾਂ ਨੂੰ ਰੋਹਤਕ ਪੀਜੀਆਈ ਰੈਫਰ ਕੀਤਾ ਗਿਆ ਹੈ।
ਹਸਪਤਾਲ ਪ੍ਰਸ਼ਾਸਨ ਮੁਤਾਬਕ, ਮਰੀਜ਼ ਇੱਕੋ ਕਾਲੋਨੀ ਦੇ ਰਹਿਣ ਵਾਲੇ ਹਨ ਅਤੇ ਸਭ ਨੂੰ ਇਕੋ ਜਿਹੇ ਲੱਛਣ — ਉਲਟੀਆਂ, ਪੇਟ ਖਰਾਬੀ ਅਤੇ ਚੱਕਰ ਆਉਣਾ — ਸਨ। ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਇਹ ਫੂਡ ਪੁਆਇਜ਼ਨਿੰਗ ਦਾ ਮਾਮਲਾ ਹੈ ਜੋ ਗੰਦੇ ਜਾਂ ਪ੍ਰਦੂਸ਼ਿਤ ਪਾਣੀ ਕਾਰਨ ਹੋ ਸਕਦਾ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ, ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਗਿਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਮਰੀਜ਼ਾਂ ਦਾ ਇਕੋ ਸਮੇਂ ਆਉਣਾ ਚਿੰਤਾ ਦਾ ਵਿਸ਼ਾ ਹੈ। ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਡਾਕਟਰਾਂ ਨੇ ਕਿਹਾ ਕਿ ਮਰੀਜ਼ਾਂ ਦੇ ਪਰਿਵਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਸਾਰੇ ਇਕੋ ਪਾਣੀ ਵਰਤਿਆ ਸੀ। ਇਸ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
ਜਿਲ੍ਹਾ ਪ੍ਰਸ਼ਾਸਨ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਖੇਤਰ ਦੇ ਪਾਣੀ ਅਤੇ ਖਾਣੇ ਦੇ ਨਮੂਨੇ ਇਕੱਠੇ ਕਰਕੇ ਤੁਰੰਤ ਜਾਂਚ ਕਰਾਈ ਜਾਵੇ। ਇਲਾਕੇ ਵਿੱਚ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ।
ਫਿਲਹਾਲ ਹਸਪਤਾਲ ਵਿੱਚ ਸਾਰੇ ਮਰੀਜ਼ਾਂ ਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਹਾਲਤ ‘ਤੇ ਨਿਗਰਾਨੀ ਕਰ ਰਹੀ ਹੈ। ਹਾਲਾਂਕਿ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਜਲ ਸਪਲਾਈ ਦੀ ਪੂਰੀ ਜਾਂਚ ਹੋਵੇ ਤਾਂ ਜੋ ਅਗਲੇ ਸਮੇਂ ਇੰਝ ਦੀ ਕੋਈ ਦੁਖਦਾਈ ਘਟਨਾ ਨਾ ਵਾਪਰੇ।