ਫਰੀਦਕੋਟ : ਫਰੀਦਕੋਟ ਪੁਲਿਸ ਨੇ ਨਸ਼ੇ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ 12 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਮੰਗਵਾਈ ਗਈ ਸੀ ਅਤੇ ਇਸਨੂੰ ਪਿੰਡ ਝਾੜੀ ਵਾਲਾ ਵਿੱਚ ਸਟੋਰ ਕੀਤਾ ਗਿਆ ਸੀ।
ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਵੱਲੋਂ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਖ਼ਾਸ ਮੁਖਬਰ ਵੱਲੋਂ ਜਾਣਕਾਰੀ ਮਿਲੀ ਕਿ ਪਿੰਡ ਝਾੜੀ ਵਾਲਾ ਵਿੱਚ ਕੁਝ ਨਸ਼ਾ ਤਸਕਰ ਸਰਗਰਮ ਹਨ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਦੋ ਸ਼ੱਕੀ ਵਿਅਕਤੀਆਂ — ਸੁਖਪ੍ਰੀਤ ਸਿੰਘ (ਵਾਸੀ ਪਿੰਡ ਝਾੜੀ ਵਾਲਾ) ਅਤੇ ਕਾਦਰ ਸਿੰਘ (ਵਾਸੀ ਜ਼ਿਲ੍ਹਾ ਫਿਰੋਜ਼ਪੁਰ) ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਤੋਂ 12 ਕਿਲੋ 100 ਗ੍ਰਾਮ ਹੈਰੋਇਨ ਮਿਲੀ।
ਐਸਐਸਪੀ ਨੇ ਕਿਹਾ ਕਿ ਇਹ ਖੇਪ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਭੇਜੀ ਗਈ ਸੀ, ਜਿਸਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਸੀ। ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇਸਨੂੰ ਬਰਾਮਦ ਕਰ ਲਿਆ। ਡਾ. ਜੈਨ ਨੇ ਇਹ ਵੀ ਦੱਸਿਆ ਕਿ ਇਹ ਜ਼ਿਲ੍ਹੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦਗੀ ਹੈ।
ਉਨ੍ਹਾਂ ਕਿਹਾ ਕਿ ਦੋਵੇਂ ਤਸਕਰਾਂ ਨੂੰ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਉਨ੍ਹਾਂ ਦਾ ਸਬੰਧ ਕਿਵੇਂ ਬਣਿਆ ਅਤੇ ਇਹ ਸਾਰਾ ਜਾਲ ਕਿਹੜੇ ਤਰੀਕੇ ਨਾਲ ਚੱਲ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਇੱਕ ਵੱਡੇ ਨਸ਼ਾ ਗਿਰੋਹ ਦੇ ਪਰਦੇਫ਼ਾਸ਼ ਹੋਣ ਦੀ ਸੰਭਾਵਨਾ ਹੈ।