ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਇਸ ਦੌਰਾਨ ਉਹਨਾਂ ਨੇ ਖ਼ਾਸ ਤੌਰ ‘ਤੇ ਕਰਤਾਰਪੁਰ ਕੋਰੀਡੋਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਇਸ ਮਹੱਤਵਪੂਰਨ ਧਾਰਮਿਕ ਰਾਹ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਉਹਨਾਂ ਨੇ ਗੁਰਦਾਸਪੁਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਸਾਫ਼ ਕੀਤਾ ਕਿ ਕਰਤਾਰਪੁਰ ਕੋਰੀਡੋਰ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਸੀ, ਇਸ ਲਈ ਹੁਣ ਉਸ ਦੀ ਮੁਰੰਮਤ ਤੇ ਸੰਭਾਲ ਦੀ ਜਿੰਮੇਵਾਰੀ ਵੀ ਕੇਂਦਰ ਸਰਕਾਰ ਦੀ ਹੈ। ਉਹਨਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਜਲਦੀ ਹੀ ਇਸ ਮਹੱਤਵਪੂਰਨ ਪ੍ਰਾਜੈਕਟ ਦੀ ਦੁਬਾਰਾ ਮੁਰੰਮਤ ਕਰਵਾਵੇਗੀ, ਤਾਂ ਜੋ ਸਿੱਖ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੀ ਜਾਨਮਾਲ ਨੂੰ ਨੁਕਸਾਨ ਪਹੁੰਚਿਆ ਹੈ। ਕਈ ਘਰ ਪਾਣੀਆਂ ‘ਚ ਵਹਿ ਗਏ, ਪਸ਼ੂਆਂ ਦੀ ਮੌਤ ਹੋਈ ਅਤੇ ਲੋਕ ਬੇਘਰ ਹੋ ਗਏ। ਇਸ ਸਥਿਤੀ ਨੂੰ ਉਹਨਾਂ ਨੇ ਬਹੁਤ ਹੀ ਚਿੰਤਾਜਨਕ ਦੱਸਿਆ। ਕਰੰਦਲਾਜੇ ਨੇ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਭਾਜਪਾ ਪੀੜਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਉਹਨਾਂ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦਾ ਖ਼ਾਸ ਪੈਕੇਜ ਐਲਾਨਿਆ ਹੈ, ਜੋ ਪ੍ਰਭਾਵਿਤ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਇਸਦੇ ਨਾਲ ਹੀ ਉਹਨਾਂ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਕਿਹਾ ਕਿ ਰਾਜ ਸਰਕਾਰ ਦੇ ਕੋਲ ਪਹਿਲਾਂ ਹੀ 12 ਹਜ਼ਾਰ ਕਰੋੜ ਰੁਪਏ ਦੀ ਰਕਮ ਮੌਜੂਦ ਹੈ, ਪਰ ਉਸਦਾ ਸਹੀ ਤਰੀਕੇ ਨਾਲ ਇਸਤੇਮਾਲ ਨਹੀਂ ਕੀਤਾ ਗਿਆ। ਉਹਨਾਂ ਦੋਸ਼ ਲਾਇਆ ਕਿ ਰਾਜ ਸਰਕਾਰ ਆਪਣੀਆਂ ਕਮਜ਼ੋਰੀਆਂ ਅਤੇ ਲਾਪਰਵਾਹੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ‘ਤੇ ਦੋਸ਼ ਮੜ੍ਹਣ ਦੀ ਕੋਸ਼ਿਸ਼ ਕਰ ਰਹੀ ਹੈ।
ਸ਼ੋਭਾ ਕਰੰਦਲਾਜੇ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਜਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗੀ ਅਤੇ ਕਰਤਾਰਪੁਰ ਕੋਰੀਡੋਰ ਸਮੇਤ ਹੋਰ ਪ੍ਰਭਾਵਿਤ ਖੇਤਰਾਂ ਦੀ ਮੁਰੰਮਤ ਜ਼ਰੂਰ ਕੀਤੀ ਜਾਵੇਗੀ।