ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਜਵਾਬਦੇਹੀ ਅਤੇ ਇਮਾਨਦਾਰੀ ਬਣਾਈ ਰੱਖਣ ਲਈ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ (BPEO) ਦੇਵੀ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਉਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੋਈ ਜਿਸ ਵਿੱਚ ਉਹ ਦੁਰਵਿਵਹਾਰ ਕਰਦੇ ਦਿਖਾਈ ਦੇ ਰਹੇ ਸਨ।
ਇਹ ਫ਼ੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਨੇ ਲਿਆ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਤੁਰੰਤ ਕਾਰਵਾਈ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਲਾਪਰਵਾਹੀ ਜਾਂ ਦੁਰਵਿਵਹਾਰ ਬਰਦਾਸ਼ਤ ਨਹੀਂ ਕਰੇਗੀ। ਜੋ ਵੀ ਅਧਿਕਾਰੀ ਨਿਯਮ ਤੋੜੇਗਾ ਜਾਂ ਆਪਣਾ ਕੰਮ ਢੰਗ ਨਾਲ ਨਹੀਂ ਕਰੇਗਾ, ਉਸ ’ਤੇ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤ ਲਈ ਅਨੁਸ਼ਾਸਨ ਅਤੇ ਉੱਚ ਨੈਤਿਕ ਮਿਆਰ ਬਣਾਈ ਰੱਖਣ ਲਈ ਵਚਨਬੱਧ ਹੈ।