ਪੰਜਾਬ ਭਰ ਵਿੱਚ ਭਗਵਾਨ ਵਾਲਮੀਕੀ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਭਗਤਾਂ ਵਿੱਚ ਖ਼ਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਮਹਾਨ ਦਿਨ ਧੂਮਧਾਮ ਨਾਲ ਮਨਾਇਆ ਜਾਵੇਗਾ। ਵੱਖ-ਵੱਖ ਸ਼ਹਿਰਾਂ ਵਿੱਚ ਸ਼ੋਭਾ ਯਾਤਰਾਵਾਂ, ਧਾਰਮਿਕ ਸਮਾਗਮ ਅਤੇ ਭੰਡਾਰਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਲੰਧਰ ਸ਼ਹਿਰ ਵਿੱਚ ਵੀ ਇਸ ਜਨਮ ਉਤਸਵ ਨੂੰ ਲੈ ਕੇ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਕੀ ਪੱਧਰ ‘ਤੇ ਵੀ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ।
ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ, 6 ਅਕਤੂਬਰ 2025 ਨੂੰ ਸ਼ਹਿਰ ਵਿੱਚ ਨਿਕਲਣ ਵਾਲੀ ਵੱਡੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਆਉਣ ਵਾਲੇ ਸਾਰੇ ਸਕੂਲ, ਕਾਲਜ ਅਤੇ ਆਈ.ਟੀ.ਆਈ.ਜ਼ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਰਹੇਗੀ। ਇਹ ਕਦਮ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਸ਼ਹਿਰ ਵਿੱਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਲਿਆ ਗਿਆ ਹੈ।
ਸ਼ਰਾਬ ਅਤੇ ਮੀਟ ਦੀ ਵਿਕਰੀ ‘ਤੇ ਰੋਕ
ਡਿਪਟੀ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ 6 ਅਤੇ 7 ਅਕਤੂਬਰ ਨੂੰ ਜਲੰਧਰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀਆਂ ਥਾਵਾਂ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ਪੂਰੀ ਤਰ੍ਹਾਂ ਬੰਦ ਰਹੇਗੀ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਫ਼ੈਸਲਾ ਭਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਉਤਸਵ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਮਨਾਉਣ ਲਈ ਲਿਆ ਗਿਆ ਹੈ।
ਸ਼ਹਿਰ ਵਿੱਚ ਤਿਆਰੀਆਂ ਜੋਰਾਂ ‘ਤੇ
ਸ਼ੋਭਾ ਯਾਤਰਾ ਨੂੰ ਸੁਚਾਰੂ ਤਰੀਕੇ ਨਾਲ ਪੂਰਾ ਕਰਨ ਲਈ ਸੁਰੱਖਿਆ ਬਲਾਂ ਦੀ ਵੱਡੀ ਤਾਇਨਾਤੀ ਕੀਤੀ ਜਾਵੇਗੀ। ਟ੍ਰੈਫ਼ਿਕ ਪ੍ਰਬੰਧਨ ਲਈ ਵੀ ਵਿਸ਼ੇਸ਼ ਯੋਜਨਾਬੰਦੀ ਹੋ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।