ਉੱਤਰ ਭਾਰਤ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਥਿਤੀ ਗੰਭੀਰ ਕਰ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਰਾਂ ਅਤੇ ਖੇਤਾਂ ਵਿੱਚ ਦਾਖ਼ਲ ਹੋ ਚੁੱਕਿਆ ਹੈ। ਇਸ ਕਾਰਨ ਲੋਕਾਂ ਦਾ ਜਾਨ-ਮਾਲ ਹੀ ਨਹੀਂ ਸਗੋਂ ਬੇਜ਼ੁਬਾਨ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈ ਗਈ ਹੈ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਹੋਰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ।
ਇਸ ਗੰਭੀਰ ਸਥਿਤੀ ‘ਤੇ ਚਿੰਤਾ ਜਤਾਉਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਸਮਵੇਦਨਾ ਪ੍ਰਗਟਾਈ ਅਤੇ ਰਾਹਤ ਸਮੱਗਰੀ ਤੇ ਸਹਾਇਤਾ ਲਈ ਹੱਥ ਵਧਾਇਆ ਹੈ।

ਚਿੱਠੀ ਵਿੱਚ ਸੀਐਮ ਨਾਇਬ ਸਿੰਘ ਸੈਣੀ ਨੇ ਲਿਖਿਆ – “ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਕੁਦਰਤੀ ਆਫ਼ਤ ਕਾਰਨ ਸਾਡੇ ਪੰਜਾਬੀ ਭਰਾ-ਭੈਣਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਸਰਕਾਰ ਅਤੇ ਹਰਿਆਣਾ ਦੀ ਜਨਤਾ ਇਸ ਔਖੇ ਸਮੇਂ ਪੰਜਾਬ ਦੇ ਨਾਲ ਖੜੀ ਹੈ।”
ਉਨ੍ਹਾਂ ਹੋਰ ਲਿਖਿਆ ਕਿ ਜੇਕਰ ਪੰਜਾਬ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਸਮੱਗਰੀ, ਸਾਧਨ ਜਾਂ ਸਹਾਇਤਾ ਦੀ ਲੋੜ ਹੈ ਤਾਂ ਉਹਨਾਂ ਨੂੰ ਤੁਰੰਤ ਦੱਸਿਆ ਜਾਵੇ। ਨਾਲ ਹੀ ਸੀਐਮ ਸੈਣੀ ਨੇ ਭਰੋਸਾ ਦਿਵਾਇਆ ਕਿ ਹਰਿਆਣਾ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਪੀੜਤ ਲੋਕਾਂ ਨੂੰ ਫੌਰੀ ਰਾਹਤ ਮਿਲ ਸਕੇ।
ਪੰਜਾਬ ਵਿੱਚ ਹੜ੍ਹਾਂ ਕਾਰਨ ਸੈਂਕੜੇ ਪਿੰਡਾਂ ਦਾ ਸੰਪਰਕ ਟੁੱਟ ਚੁੱਕਾ ਹੈ, ਖੇਤੀਬਾੜੀ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਚੁੱਕੇ ਹਨ। ਐਸੇ ਵਿੱਚ ਹਰਿਆਣਾ ਵੱਲੋਂ ਆਈ ਇਹ ਪੇਸ਼ਕਸ਼ ਰਾਹਤ ਕਾਰਜਾਂ ਲਈ ਇੱਕ ਵੱਡੀ ਸਹਾਇਤਾ ਸਾਬਤ ਹੋ ਸਕਦੀ ਹੈ।