ਅੰਮ੍ਰਿਤਸਰ – ਹੜ੍ਹਾਂ ਕਾਰਨ 100 ਫੀਸਦੀ ਤਬਾਹ ਹੋਏ ਘਰਾਂ ਅਤੇ ਹੜ੍ਹ ਦੌਰਾਨ ਹੋਈਆਂ ਮੌਤਾਂ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਲਈ ਪ੍ਰਸ਼ਾਸਨ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਬਾਰੇ ਉੱਚ ਪੱਧਰੀ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਤੇ ਮੁੜ ਵਸੇਬਾ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਹਰ ਯੋਗ ਪੀੜਤ ਤੱਕ ਸਮੇਂ ਸਿਰ ਮਦਦ ਪਹੁੰਚਾਉਣੀ ਜ਼ਰੂਰੀ ਹੈ। ਡੀ.ਸੀ. ਨੇ ਜ਼ਿਲ੍ਹਾ ਮਾਲ ਅਫਸਰ ਨੂੰ ਹਦਾਇਤ ਕੀਤੀ ਕਿ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਾਹਤ ਸਮੱਗਰੀ ਅਤੇ ਮੁਆਵਜ਼ਾ ਪੀੜਤਾਂ ਤੱਕ ਬਿਨਾ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਹੱਕਦਾਰ ਨਾਗਰਿਕ ਇਸ ਯੋਜਨਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਕਦਮ
ਡਿਪਟੀ ਕਮਿਸ਼ਨਰ ਸਾਹਨੀ ਨੇ ਮੀਟਿੰਗ ਦੌਰਾਨ ਕਿਹਾ ਕਿ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਹੁਣ ਹੌਲੀ-ਹੌਲੀ ਘੱਟ ਰਿਹਾ ਹੈ, ਪਰ ਨੀਂਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕੀਟਾਣੂਆਂ ਅਤੇ ਗੰਦੇ ਪਾਣੀ ਨਾਲ ਪੈਦਾ ਹੋ ਸਕਣ ਵਾਲੀਆਂ ਬਿਮਾਰੀਆਂ ਦਾ ਖਤਰਾ ਕਾਇਮ ਹੈ। ਇਸ ਲਈ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਸਿਹਤ ਤੇ ਪੰਚਾਇਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਉੱਚ-ਖਤਰੇ ਵਾਲੇ ਇਲਾਕਿਆਂ ਵਿੱਚ ਘਰ-ਘਰ ਸਰਵੇਖਣ ਲਈ ਤੁਰੰਤ ਰਿਸਪੌਂਸ ਟੀਮਾਂ ਦਾ ਗਠਨ ਕਰਕੇ ਤਾਇਨਾਤੀ ਯਕੀਨੀ ਬਣਾਈ ਜਾਵੇ। ਨਾਲ ਹੀ ਸਾਰੀਆਂ ਲੋੜੀਂਦੀਆਂ ਦਵਾਈਆਂ, ਡਾਇਗਨੋਸਟਿਕ ਕਿੱਟਾਂ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲਬਧਤਾ ਪੱਕੀ ਕੀਤੀ ਜਾਵੇ। ਪ੍ਰਭਾਵਿਤ ਇਲਾਕਿਆਂ ਵਿੱਚ ਫੋਗਿੰਗ ਮੁਹਿੰਮ ਚਲਾਉਣ ਦੇ ਵੀ ਹੁਕਮ ਦਿੱਤੇ ਗਏ ਹਨ।
ਰਾਹਤ ਸਮੱਗਰੀ ਤੇ ਪਸ਼ੂਆਂ ਲਈ ਚਾਰੇ ਦੀ ਸਪਲਾਈ
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਿੰਡ ਪੱਧਰ ’ਤੇ ਪਹੁੰਚਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਸ਼ੂਆਂ ਲਈ ਹਰਾ ਚਾਰਾ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਸ਼ੁਪਾਲਕ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
ਅਧਿਕਾਰੀਆਂ ਦੀ ਹਾਜ਼ਰੀ
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਪਰਮਜੀਤ ਕੌਰ, ਐਸ.ਡੀ.ਐਮ. ਅੰਮ੍ਰਿਤਸਰ-1 ਗੁਰਸਿਮਰਨ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਅਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਸੰਦੀਪ ਮਲਹੋਤਰਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।