ਖੰਨਾ ਖ਼ਬਰ : ਇਲਾਜ ਦੌਰਾਨ ਨੌਜਵਾਨ ਦੀ ਮੌਤ ਨਾਲ ਹੰਗਾਮਾ, ਪਰਿਵਾਰ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਆਰੋਪ ਲਗਾਏ…

ਖੰਨਾ ਸ਼ਹਿਰ ਦੇ ਪੀਰਖਾਨਾ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਨਾਲ ਹੰਗਾਮਾ ਖੜ੍ਹਾ ਹੋ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਸ਼ ਰੱਖ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਡਾਕਟਰਾਂ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਮ੍ਰਿਤਕ ਦੀ ਪਛਾਣ ਅਨੁਰਾਗ ਉਰਫ਼ ਚੇਤਨ ਵਜੋਂ ਹੋਈ ਹੈ, ਜੋ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ।

ਪਰਿਵਾਰ ਮੁਤਾਬਿਕ, ਅਨੁਰਾਗ ਨੂੰ ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਇਆ ਸੀ, ਜਿਸ ਤੋਂ ਬਾਅਦ ਉਸਦੇ ਪਿਤਾ ਵੀਰ ਪਾਲ ਉਸਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਲੈ ਗਏ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਬਿਨਾਂ ਢੰਗ ਨਾਲ ਜਾਂਚ ਕੀਤੇ ਉਸਨੂੰ ਦੋ ਟੀਕੇ ਲਗਾ ਦਿੱਤੇ, ਜਿਸ ਤੋਂ ਬਾਅਦ ਅਨੁਰਾਗ ਦੀ ਹਾਲਤ ਹੋਰ ਵਿਗੜ ਗਈ। ਹਸਪਤਾਲ ਪ੍ਰਬੰਧਕਾਂ ਨੇ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ, ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ।

ਵੀਰ ਪਾਲ ਦਾ ਕਹਿਣਾ ਹੈ ਕਿ ਉਸਦੇ ਇਕਲੌਤੇ ਪੁੱਤਰ ਦੀ ਮੌਤ ਸਾਫ਼ ਤੌਰ ‘ਤੇ ਡਾਕਟਰੀ ਲਾਪਰਵਾਹੀ ਦਾ ਨਤੀਜਾ ਹੈ। ਉਸਨੇ ਆਰੋਪੀ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਦਾਦਾ ਲਾਲਾ ਰਾਮ ਨੇ ਵੀ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੱਸਿਆ ਕਿ ਅਨੁਰਾਗ ਦੀ ਮੰਗਣੀ ਕੁਝ ਮਹੀਨੇ ਪਹਿਲਾਂ ਹੋਈ ਸੀ ਅਤੇ ਆਉਣ ਵਾਲੇ ਮਾਰਚ ਮਹੀਨੇ ਵਿੱਚ ਉਸਦਾ ਵਿਆਹ ਹੋਣਾ ਸੀ।

ਮੌਕੇ ’ਤੇ ਪੁਲਿਸ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਸਥਿਤੀ ‘ਤੇ ਕਾਬੂ ਪਾਇਆ। ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਤਿੰਨ ਡਾਕਟਰਾਂ ਦਾ ਬੋਰਡ ਮ੍ਰਿਤਕ ਦਾ ਪੋਸਟਮਾਰਟਮ ਕਰੇਗਾ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਣਾਂ ਦਾ ਪਤਾ ਲੱਗੇਗਾ।

ਐਸਐਚਓ ਨੇ ਅੱਗੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਬੀਐਨਐਸਐਸ ਦੀ ਧਾਰਾ 194 ਤਹਿਤ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ‘ਤੇ ਅਗਲਾ ਕਦਮ ਚੁੱਕਿਆ ਜਾਵੇਗਾ।

ਸ਼ਹਿਰ ਵਿੱਚ ਮਾਹੌਲ ਗ਼ਮਗੀਨ ਹੈ ਅਤੇ ਲੋਕਾਂ ਵੱਲੋਂ ਡਾਕਟਰੀ ਪ੍ਰਣਾਲੀ ‘ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ।

Leave a Reply

Your email address will not be published. Required fields are marked *