ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਨੂੰ ਧਿਆਨ ਵਿੱਚ ਰੱਖਦਿਆਂ 3 ਨਵੰਬਰ ਨੂੰ ਜਨਰਲ ਇਜਲਾਸ ਬੁਲਾਇਆ ਗਿਆ ਹੈ। ਕਮੇਟੀ ਵੱਲੋਂ ਇਸ ਮਹੱਤਵਪੂਰਨ ਬੈਠਕ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ, ਇਹ ਇਜਲਾਸ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗਾ। ਇਸ ਦੌਰਾਨ ਕਮੇਟੀ ਵੱਲੋਂ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਜੂਨੀਅਰ ਉਪ ਪ੍ਰਧਾਨ, ਜਨਰਲ ਸਕੱਤਰ ਅਤੇ ਇੰਟਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਕੁੱਲ 185 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਜਦਕਿ 15 ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ। ਇਸ ਵੇਲੇ 148 ਮੈਂਬਰ ਸਰਗਰਮ ਹਨ, ਕਿਉਂਕਿ 33 ਮੈਂਬਰਾਂ ਦੇ ਅਕਾਲ ਚਲਾਣਾ ਹੋ ਚੁੱਕੇ ਹਨ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ।
ਹਾਊਸ ਦੀ ਕਾਰਵਾਈ ਸ਼ੁਰੂ ਹੋਣ ਉੱਪਰੰਤ ਕਿਸੇ ਇੱਕ ਮੈਂਬਰ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦਾ ਨਾਮ ਪੇਸ਼ ਕੀਤਾ ਜਾਂਦਾ ਹੈ ਅਤੇ ਦੂਜੇ ਮੈਂਬਰਾਂ ਵੱਲੋਂ ਉਸਦੀ ਤਾਈਦ ਕੀਤੀ ਜਾਂਦੀ ਹੈ। ਜੇਕਰ ਕਿਸੇ ਹੋਰ ਧਿਰ ਵੱਲੋਂ ਵੀ ਉਮੀਦਵਾਰ ਖੜ੍ਹਾ ਕੀਤਾ ਜਾਂਦਾ ਹੈ ਤੇ ਸਰਵਸੰਮਤੀ ਨਹੀਂ ਬਣਦੀ, ਤਾਂ ਫਿਰ ਵੋਟਿੰਗ ਰਾਹੀਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ।
ਵੋਟਿੰਗ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੋਲਿੰਗ ਬੂਥਾਂ ਦੀ ਸੈਟਿੰਗ ਅਤੇ ਹੋਰ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਮੌਕੇ SGPC ਦੇ ਜਨਰਲ ਸਕੱਤਰ ਪ੍ਰਤਾਪ ਸਿੰਘ ਨੇ ਆਸ ਜਤਾਈ ਹੈ ਕਿ ਚੋਣ ਪ੍ਰਕਿਰਿਆ ਸਰਵਸੰਮਤੀ ਨਾਲ ਪੂਰੀ ਹੋਵੇਗੀ, ਤਾਂ ਜੋ ਕਮੇਟੀ ਦੀ ਇਕਤਾ ਅਤੇ ਮਰਯਾਦਾ ਬਰਕਰਾਰ ਰਹੇ।