SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੀੜਤਾਂ ਨੂੰ ਸਹਾਇਤਾ ਦਾ ਭਰੋਸਾ

ਡੇਰਾ ਬਾਬਾ ਨਾਨਕ, ਰਮਦਾਸ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਆਈ ਭਿਆਨਕ ਹੜ੍ਹ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਘਰਾਂ ਅਤੇ ਫਸਲਾਂ ਦੇ ਨੁਕਸਾਨ ਨਾਲ ਲੋਕ ਬਹੁਤ ਹੀ ਔਖੀ ਘੜੀ ਵਿੱਚੋਂ ਲੰਘ ਰਹੇ ਹਨ। ਇਸ ਸਥਿਤੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੀੜਤ ਪਰਿਵਾਰਾਂ ਦੀ ਮਦਦ ਲਈ ਲੰਗਰ ਤੇ ਰਾਸ਼ਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਅੱਜ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖੁਦ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਅਤੇ ਲੋਕਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਪੱਧਰ ‘ਤੇ ਰਾਹਤ ਕੰਮਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਰਾਹੀਂ ਜਥਾਸ਼ਕਤ ਸੁੱਕਾ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੰਡਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਕਈ ਗੱਡੀਆਂ ਸੁੱਕੀ ਰਸਦ ਦੀ ਲੈ ਕੇ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਕੀਤੀਆਂ ਗਈਆਂ। SGPC ਪ੍ਰਧਾਨ ਨੇ ਖੁਦ ਵੀ ਕੁਝ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਵੰਡਿਆ ਅਤੇ ਭਰੋਸਾ ਦਿੱਤਾ ਕਿ ਇਹ ਸੇਵਾ ਤਦ ਤੱਕ ਜਾਰੀ ਰਹੇਗੀ ਜਦ ਤੱਕ ਹੜ੍ਹ ਪੀੜਤਾਂ ਨੂੰ ਪੂਰੀ ਤਰ੍ਹਾਂ ਸਹੂਲਤ ਨਹੀਂ ਮਿਲਦੀ।

ਇਸ ਦੌਰੇ ਦੌਰਾਨ SGPC ਪ੍ਰਧਾਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, SGPC ਮੈਂਬਰ ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਅਤੇ ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।

ਹਰਜਿੰਦਰ ਸਿੰਘ ਧਾਮੀ ਨੇ ਅੰਤ ‘ਤੇ ਕਿਹਾ ਕਿ ਹੜ੍ਹ ਦੇ ਇਸ ਸੰਕਟਕਾਲੀਨ ਸਮੇਂ ਵਿੱਚ SGPC ਵੱਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਇਹ ਸੇਵਾ ਗੁਰੂ ਸਾਹਿਬ ਦੀ ਕਿਰਪਾ ਨਾਲ ਨਿਰੰਤਰ ਜਾਰੀ ਰਹੇਗੀ।

Leave a Reply

Your email address will not be published. Required fields are marked *