ਕਪੂਰਥਲਾ : ਪੰਜਾਬ ਵਿੱਚ ਹੜ੍ਹਾਂ ਮਗਰੋਂ ਹਾਲਾਤ ਭਾਵੇਂ ਹੌਲੀ-ਹੌਲੀ ਸਧਾਰ ਰਹੇ ਹਨ, ਪਰ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਾਵਧਾਨੀ ਦੇ ਤੌਰ ‘ਤੇ ਖ਼ਾਸ ਕਦਮ ਚੁੱਕੇ ਜਾ ਰਹੇ ਹਨ। ਤਾਜ਼ਾ ਹੁਕਮਾਂ ਅਨੁਸਾਰ ਕਪੂਰਥਲਾ ਜ਼ਿਲ੍ਹੇ ਵਿੱਚ 19 ਅਤੇ 20 ਸਤੰਬਰ ਨੂੰ ਤਿੰਨ ਸਰਕਾਰੀ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਇਹ ਫ਼ੈਸਲਾ ਸਿੱਖਿਆ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਹੜ੍ਹਾਂ ਤੋਂ ਬਾਅਦ ਪ੍ਰਭਾਵਿਤ ਇਲਾਕਿਆਂ ਵਿੱਚ ਸਫ਼ਾਈ, ਸੁਰੱਖਿਆ ਅਤੇ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਤੋਂ ਬਚਾਉਣ ਲਈ ਇਹ ਕਦਮ ਜਰੂਰੀ ਮੰਨਿਆ ਗਿਆ ਹੈ। ਹੁਕਮਾਂ ਮੁਤਾਬਕ ਸਰਕਾਰੀ ਪ੍ਰਾਇਮਰੀ ਸਕੂਲ ਆਹਲੀ ਖ਼ੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ 19 ਤੇ 20 ਸਤੰਬਰ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ।
ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ ਇਲਾਕੇ ਵਿੱਚ ਕਈ ਸੜਕਾਂ ਤੇ ਨੀਵੇਂ ਪੈਂਦੇ ਖੇਤਰਾਂ ਵਿੱਚ ਪਾਣੀ ਖੜ੍ਹਾ ਹੈ, ਜਿਸ ਨਾਲ ਸਕੂਲ ਜਾਣ ਵਾਲੇ ਬੱਚਿਆਂ ਲਈ ਖ਼ਤਰਾ ਬਣ ਸਕਦਾ ਹੈ। ਪ੍ਰਸ਼ਾਸਨ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਘਰਾਂ ਵਿੱਚ ਹੀ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਤੁਰੰਤ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕਰਨ।

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਜਾਰੀ ਹੈ ਅਤੇ ਹਾਲਾਤ ਸਧਾਰਨ ਹੋਣ ਉੱਪਰ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਜਾਵੇਗਾ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।