ਦੀਨਾਨਗਰ, ਪੰਜਾਬ – ਪੰਜਾਬ ਵਿੱਚ ਹਾਲੀਆ ਹੜ੍ਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਲੋਕਾਂ ਦੀ ਜ਼ਿੰਦਗੀ ਵੀ ਪ੍ਰਭਾਵਿਤ ਹੋਈ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੇਂਦਰੀ ਮੰਤਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਭੇਜਿਆ ਜਾ ਰਿਹਾ ਹੈ, ਤਾਂ ਜੋ ਮੌਕੇ ‘ਤੇ ਜਾਕੇ ਹਕੀਕਤ ਦਾ ਅੰਦਾਜ਼ਾ ਲਿਆ ਜਾ ਸਕੇ ਅਤੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਮਿਲ ਸਕੇ।
ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ – ਸੰਦਲਪੁਰ, ਧੂਤ, ਦਬੂੜੀ, ਰਾਵਲਪਿੰਡੀ, ਆਦੀਆ ਅਤੇ ਬਾਊਪੁਰ – ਦਾ ਦੌਰਾ ਕੇਂਦਰੀ ਮੰਤਰੀ ਬੀ.ਐਲ. ਵਰਮਾ ਨੇ ਕੀਤਾ। ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਦੌਰਾਨ ਮੰਤਰੀ ਬੀ.ਐਲ. ਵਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 1,600 ਕਰੋੜ ਰੁਪਏ ਦੀ ਚਿੰਤਾ ਕਿਸਾਨਾਂ ਨੂੰ ਕਰਨ ਦੀ ਲੋੜ ਨਹੀਂ ਹੈ। ਇਹ ਰਕਮ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਜਮ੍ਹਾ ਕਰਵਾਈ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਪੈਸਾ ਹਰ ਹੜ੍ਹ-ਪੀੜਤ ਕਿਸਾਨ ਅਤੇ ਪਰਿਵਾਰ ਨੂੰ ਵੰਡਿਆ ਜਾਵੇਗਾ। ਮੰਤਰੀ ਨੇ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਜ਼ਿੰਮੇਵਾਰ ਪਾਰਟੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੌਕੇ ‘ਤੇ ਹਲਕਾ ਇੰਚਾਰਜ ਰੇਣੂ ਕਸ਼ਅਪ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਜਨਰਲ ਸਕੱਤਰ ਯਸਪਾਲ ਕੁੰਡਲ, ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਅਤੇ ਭਾਜਪਾ ਆਗੂ ਬਲਵਿੰਦਰ ਬਿੱਟੂ ਸਮੇਤ ਹੋਰ ਅਧਿਕਾਰੀ ਅਤੇ ਪਾਰਟੀ ਨੇਤਾ ਵੀ ਮੌਜੂਦ ਸਨ।
ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਹੜ੍ਹ ਕਾਰਨ ਪੈਦਾ ਹੋਏ ਨੁਕਸਾਨ ਨੂੰ ਪੂਰੀ ਤਰ੍ਹਾਂ ਠੀਕ ਕਰਨ ਲਈ ਤਤਪਰ ਹੈ ਅਤੇ ਕਿਸਾਨਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਆਪਣੀ ਪ੍ਰਾਥਮਿਕਤਾ ਬਣਾਈ ਹੋਈ ਹੈ।